Home / ਦੁਨੀਆ ਭਰ / ਅਕਾਲੀ ਆਗੂ ਜਥੇਦਾਰ ਨਹੀਂ ਰਹੇ

ਅਕਾਲੀ ਆਗੂ ਜਥੇਦਾਰ ਨਹੀਂ ਰਹੇ

ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਲਈ ਬੇਹੱਦ ਦੁਖੱਦ ਖ਼ਬਰ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦਾ ਦੇਹਾਂਤ ਹੋ ਗਿਆ। ਜਥੇਦਾਰ ਡੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਸਨ। ਉਨ੍ਹਾਂ ਲਗਾਤਾਰ 6 ਵਾਰ ਕੌਂਸਲਰ ਚੋਣਾਂ ‘ਚ ਜਿੱਤ ਹਾਸਿਲ ਕੀਤੀ ਸੀ। ਇਸ ਦੇ ਨਾਲ ਹੀ ਉਹ ਨਗਰ ਨਿਗਮ ਹਾਊਸ ‘ਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਸਨ।

ਦੱਸ ਦਈਏ ਕਿ ਦੱਸਣਯੋਗ ਹੈ ਕਿ ਜਥੇਦਾਰ ਹਰਭਜਨ ਸਿੰਘ ਦੀ ਪਾਰਟੀ ਵਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਡਿਊਟੀ ਲਗਾਈ ਗਈ ਸੀ। ਉਹ ਲੁਧਿਆਣਾ ਦੇ ਨਾਲ ਲੱਗਦੇ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਪ੍ਰਚਾਰ ਲਈ ਲੱਗੇ ਹੋਏ ਸਨ, ਜਿਥੇ ਅੱਜ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਨੂੰ ਆਉਣ ਸੀ। ਪ੍ਰਚਾਰ ਦੀ ਤਿਆਰੀਆਂ ਦੌਰਾਨ ਜਥੇਦਾਰ ਦੀ ਸਿਹਤ ਅਚਾਨਕ ਵਿਗੜ ਗਈ। ਜਿਸਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਅਨੁਸਾਰ ਜਥੇਦਾਰ ਡੰਗ ਦੇ ਅਕਾਲ ਚਲਾਣੇ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਫ਼ਸੋਸ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ “ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸਾਡੇ ਸਤਿਕਾਰਯੋਗ ਜੱਥੇਦਾਰ ਸ. ਹਰਭਜਨ ਸਿੰਘ ਜੀ ਡੰਗ (ਪ੍ਰਧਾਨ ਜਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ) ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਦੁੱਖ ਦੀ ਘੜੀ ‘ਚ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਡੰਗ ਪਰਿਵਾਰ ਦੇ ਨਾਲ ਖੜ੍ਹਾ ਹੈ।”

ਅਕਾਲੀ ਆਗੂ ਸੁਰਿੰਦਰ ਸਿੰਘ ਬੰਟੀ ਚੌਹਾਨ ਨੇ ਦੱਸਿਆ ਕਿ ਹਰਭਜਨ ਸਿੰਘ ਪਾਰਟੀ ਦੇ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਵਿੱਚ ਚੰਗਾ ਪ੍ਰਭਾਵ ਸੀ। ਇਹੀ ਕਾਰਨ ਸੀ ਕਿ ਉਹ ਲਗਾਤਾਰ 6 ਵਾਰ ਕੌਂਸਲਰ ਚੁਣੇ ਗਏ। ਉਨ੍ਹਾਂ ਦੱਸਿਆ ਕਿ ਜਥੇਦਾਰ ਹਰਭਜਨ ਸਿੰਘ ਡੰਗ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਮਾਡਲ ਟਾਊਨ ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …