
ਪੰਜਾਬ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਇਕ ਹਫ਼ਤੇ ਅੰਦਰ ਪੰਜਾਬ ਦੀ ਸਿਆਸੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਇਕ ਹਫ਼ਤਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਦੀਆਂ ਖ਼ਬਰਾਂ ਸੁਰਖੀਆਂ ਵਿਚ ਸਨ ਅਤੇ ਲੱਗ ਰਿਹਾ ਸੀ ਕਿ ਇਹ ਗਠਜੋੜ ਹੋਣ ਤੋਂ ਬਾਅਦ ਇਕ ਵਾਰ ਮੁੜ ਲੋਕ ਸਭਾ ਚੋਣਾਂ ਵਿਚ ਵਿਰੋਧੀ ਧਿਰ ’ਤੇ ਭਾਰੀ ਪਵੇਗਾ ਕਿਉਂਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਖ-ਵੱਖ ਚੋਣ ਲੜਨ ਦਾ ਐਲਾਨ ਕਰ ਚੁੱਕੀਆਂ ਹਨ।
ਇਸ ਲਈ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਪੰਜਾਬ ’ਚ ਕਲੀਨ ਸਵੀਪ ਵਰਗੀ ਸਥਿਤੀ ਨਜ਼ਰ ਆ ਰਹੀ ਸੀ ਪਰ ਕਿਸਾਨ ਅੰਦੋਲਨ ਦੇ ਦੂਜੇ ਹੀ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਬੈਠਕ ਚੰਡੀਗੜ੍ਹ ਵਿਚ ਸੱਦ ਲਈ ਹੈ। ਇਸ ਵਿਚਾਲੇ ਪੰਜਾਬ ਦੇ ਬਦਲੇ ਸਿਆਸੀ ਘਟਨਾਚੱਕਰ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਫਿਲਹਾਲ ਤਸਵੀਰ ਇਹ ਹੈ ਕਿ 5 ਪਾਰਟੀਆਂ ਵੱਖ-ਵੱਖ ਤੌਰ ’ਤੇ ਚੋਣ ਮੈਦਾਨ ਵਿਚ ਉਤਰਨਗੀਆਂ।
ਇਨ੍ਹਾਂ ਵਿਚ ਇਕੱਲੀ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜੋ ਖੇਤਰੀ ਪਾਰਟੀ ਹੈ, ਜਦੋਂਕਿ ਬਾਕੀ 4 ਪਾਰਟੀਆਂ (ਕਾਂਗਰਸ, ਭਾਜਪਾ, ਬਸਪਾ ਅਤੇ ਆਮ ਆਦਮੀ ਪਾਰਟੀ) ਕੌਮੀ ਪਾਰਟੀਆਂ ਹਨ।ਕਿਸਾਨ ਅੰਦੋਲਨ ਨੂੰ ਵੇਖਦਿਆਂ ਅਕਾਲੀ ਦਲ ਨੇ ਫਿਲਹਾਲ ਗਠਜੋੜ ਤੋਂ ਪੈਰ ਪਿੱਛੇ ਖਿੱਚ ਲਏ ਹਨ ਅਤੇ ਹੁਣ ਪੰਜਾਬ ਦੀ ਸਥਿਤੀ ਇਹ ਹੋ ਗਈ ਹੈ ਕਿ ਅਕਾਲੀ ਦਲ ਅਤੇ ਭਾਜਪਾ ਵੀ ਗਠਜੋੜ ਵਿਚ ਨਹੀਂ ਜਾ ਸਕਣਗੇ। 1998 ਤੋਂ ਬਾਅਦ ਪੰਜਾਬ ਵਿਚ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਅਕਾਲੀ ਦਲ ਤੇ ਭਾਜਪਾ ਲੋਕ ਸਭਾ ਦੀ ਚੋਣ ਵੱਖ-ਵੱਖ ਲੜਨਗੇ।
ਇਸ ਤੋਂ ਪਹਿਲਾਂ ਦੋਵਾਂ ਪਾਰਟੀਆਂ ਨੇ ਵਿਧਾਨ ਸਭਾ ਦੀ ਚੋਣ ਵੀ 2022 ’ਚ ਵੱਖ-ਵੱਖ ਲੜੀ ਸੀ ਪਰ ਇਸ ਚੋਣ ਵਿਚ ਦੋਵਾਂ ਦੀ ਵੋਟ ਵੰਡੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਬੰਪਰ ਬਹੁਮਤ ਹਾਸਲ ਹੋ ਗਿਆ ਸੀ।ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਮਿਲ ਕੇ ਚੋਣ ਲੜੀ ਸੀ ਅਤੇ ਉਸ ਚੋਣ ਦੌਰਾਨ ਦੋਵਾਂ ਪਾਰਟੀਆਂ ਨੂੰ ਲੋਕ ਸਭਾ ਦੀਆਂ 4 ਸੀਟਾਂ ਹਾਸਲ ਹੋਈਆਂ ਸਨ, ਜਦੋਂਕਿ ਇਕ ਸੀਟ ਆਮ ਆਦਮੀ ਪਾਰਟੀ ਅਤੇ 8 ਸੀਟਾਂ ਕਾਂਗਰਸ ਦੇ ਖਾਤੇ ਵਿਚ ਗਈਆਂ ਸਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.