ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਜ਼ੂਰੀ ਰਾਗੀ ਵੱਲੋਂ ਇੱਕ ਲੱਖ ਰੁਪਏ ਦਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਨੂੰ ਸੌਂਪਿਆ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਭਾਈ ਰਵਿੰਦਰ ਸਿੰਘ ਵੱਲੋਂ ਗੁਰੂ ਘਰ ਦੇ ਲੰਗਰ ਲਈ ਯੋਗਦਾਨ ਪਾਉਣ ਦੀ ਸ਼ਲਾਘਾ ਕਰਦਿਆਂ ਇਸ ਨੂੰ ਹੋਰਨਾਂ ਲਈ ਪ੍ਰੇਰਣਾ ਸਰੋਤ ਦੱਸਿਆ। ਸ. ਮਨਜੀਤ ਸਿੰਘ ਨੇ ਕਿਹਾ ਕਿ ਲੰਗਰ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦੀਆਂ ਹਨ। ਦੇਸ਼ ਦੁਨੀਆਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਲੰਗਰ ਲਈ ਰਸਦਾਂ ਅਤੇ ਮਾਇਆ ਭੇਟਾ ਕਰ ਰਹੇ ਹਨ। ਇਸੇ ਤਹਿਤ ਗੁਰੂ ਘਰ ਦੇ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਨੇ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਭੇਟਾ ਕਰ ਕੇ ਆਪਣੀ ਸ਼ਰਧਾ ਪ੍ਰਗਟਾਈ ਹੈ। ਇਸ ਮੌਕੇ ਰਾਗੀ ਭਾਈ ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਤੋਂ ਬਹੁਤ ਬਖ਼ਸ਼ਿਸ਼ਾਂ ਪ੍ਰਾਪਤ ਹੋਈਆਂ ਹਨ। ਇਸ ਪਾਵਨ ਅਸਥਾਨ ਦੀ ਸ਼ੋਭਾ ਅਤੇ ਵਡਿਆਈ ਵੱਡੀ ਹੈ ਅਤੇ ਗੁਰੂ ਸਾਹਿਬ ਆਪ ਕਿਰਪਾ ਕਰਕੇ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਸੰਗਤਾਂ ਮਨੁੱਖਤਾ ਦੇ ਸਰਬਸਾਂਝੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ ਭੇਟਾਵਾਂ ਭੇਜਣ ਦੀ ਸੰਗਤਾਂ ਨੂੰ ਅਪੀਲ ਵੀ ਕੀਤੀ। ਇਸ ਦੌਰਾਨ ਸ. ਮਨਜੀਤ ਸਿੰਘ ਬਾਠ ਅਤੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਨੇ ਭਾਈ ਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਗੁਰਵਿਦਰ ਸਿੰਘ ਦੇਵੀਦਾਸਪੁਰ, ਸ. ਗੁਰਪ੍ਰੀਤ ਸਿੰਘ ਤੇ ਸ. ਹਰਭਜਨ ਸਿੰਘ ਵੀ ਮੌਜੂਦ ਸਨ।ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ ਸਭਨਾ ਤੇ ਕਿਰਪਾ ਬਣਾਈ ਰੱਖਣਾ ਜੀ ।

Leave a Reply

Your email address will not be published. Required fields are marked *