ਇਸ ਸਮੇਂ ਸੇਵਾਵਾਂ ਨਿਭਾ ਰਹੇ ਸੇਵਾਦਾਰਾਂ ਤੇ ਕਰਮਚਾਰੀਆਂ ਲਈ SGPC ਨੇ ਕਰਵਾਈ ਅਰਦਾਸ

ਪੂਰੀ ਦੁਨੀਆ ਚ ਕ-ਰੋਨਾ ਦਾ ਪ੍ਰਭਾਵ ਵੱਧ ਰਿਹਾ ਹੈ। ਪੰਜਾਬ ਚ ਇਸ ਔਖ ਵਿਚ ਸੇਵਾਵਾਂ ਨਿਭਾਅ ਰਹੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਤੇ ਹੌਸਲਾ ਅਫਜ਼ਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੌਜੂਦਾ ਸਮੇਂ ਮਨੁੱਖਤਾ ਦੀ ਭਲਾਈ ਲਈ ਸੇਵਾ ਨਿਭਾਅ ਰਹੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕੋਰੋਨਾ ਮਹਾਮਾਰੀ ਵਿਰੁੱਧ ਲੜ ਰਹੇ ਕਰਮਾਚਰੀਆਂ ਦੀ ਸਿਹਤਯਾਬੀ ਦੀ ਅਰਦਾਸ ਵੀ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ, ਸਿਹਤ ਕਰਮੀ, ਮੀਡੀਆ ਕਰਮੀ, ਸਫਾਈ ਸੇਵਾਦਾਰ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕ-ਰੋਨਾ ਦੌਰਾਨ ਵੀ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਹਨ, ਜਿਨ੍ਹਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਕਰਾਉਣਾ ਚੰਗਾ ਕਾਰਜ ਹੈ। ਇਸ ਨਾਲ ਸਭ ਨੂੰ ਮਾਨਸਿਕ ਬਲ ਜ਼ਰੂਰ ਮਿਲੇਗਾ। ਇਸ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਤੇ ਪੁਲਿਸ ਕਮਿਸ਼ਨਰ ਨੇ ਵੀ ਸ਼ਿਰਕਤ ਕੀਤੀ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਿੰਦਰ ਸਿੰਘ, ਸ. ਗੁਰਬਚਨ ਸਿੰਘ ਲੇਹਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਘੇਲ ਸਿੰਘ ਤੇ ਸ. ਰਾਜਿੰਦਰ ਸਿੰਘ ਰੂਬੀ ਹਾਜ਼ਰ ਸਨ।

Leave a Reply

Your email address will not be published. Required fields are marked *