ਇਹ ਚਾਰ ਗੱਲਾਂ ਹਮੇਸ਼ਾ ਆਪਣੇ ਦਿਲ ਚ ਰੱਖੋ ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ ਅਨੁਸਾਰ’ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ ।
ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ,ਜਿਨ੍ਹਾਂ ਗੁਰੂ ਦੀ* *(ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ* *ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।
