ਗੁਰਬਾਣੀ ਸਿੱਖ ਗੁਰੂਆਂ ਦੀਆਂ ਰਚਨਾਵਾਂ ਨੂੰ ਕਿਹਾ ਜਾਂਦਾ ਹੈ। ਗੁਰਬਾਣੀ ਸ਼ਬਦ ਦੋ ਸ਼ਬਦਾਂ ਤੋਂ ਬਣਿਆ ਹੈ, ਗੁਰ ਅਤੇ ਬਾਣੀ, ਗੁਰ ਤੋਂ ਭਾਵ ਗੁਰੂ ਹੈ ਅਤੇ ਬਾਣੀ ਤੋਂ ਭਾਵ ਹੈ ਸ਼ਬਦ।ਗੁਰਬਾਣੀ ਵਿਚ ਸਿਮਰਨ ਤੋਂ ਵਿਹੂਣੇ ਵਿਅਕਤੀ ਦੇ ਆਚਰਣ ਨੂੰ ਬਹੁਤ ਹੀਣਾ ਸਮਝਿਆ ਗਿਆ ਹੈ ।
ਇਸ ਸੰਬੰਧ ਵਿਚ ਅਨੇਕ ਥਾਂਵਾਂ ਉਤੇ ਭਾਵਨਾਵਾਂ ਦਾ ਪ੍ਰਗਟਾਵਾ ਹੋਇਆ ਹੈ । ਇਥੋਂ ਤਕ ਕਿਹਾ ਗਿਆ ਹੈ ਕਿ ਜਿਸ ਮੁਖ ਵਿਚ ਨਾਮ ਦਾ ਸਿਮਰਨ ਨਹੀਂ ਹੁੰਦਾ ਅਤੇ ਬਿਨਾ ਨਾਮ ਉਚਾਰੇ ਜੋ ਅਨੇਕ ਤਰ੍ਹਾਂ ਦੇ ਭੋਜਨ ਦਾ ਸੇਵਨ ਕਰਦਾ ਹੈ , ਉਸ ਦੇ ਮੁਖ ਵਿਚ ਥੁੱਕਾਂ ਪੈਂਦੀਆਂ ਹਨ— ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ । ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ । ( ਗੁ.ਗ੍ਰੰ.473 ) । ਗੁਰੂ ਅਰਜਨ ਦੇਵ ਜੀ ਨੇ ਵੀ ਬਿਨਾ ਸਿਮਰਨ ਮਨੁੱਖ ਦਾ ਜੀਵਨ ਸਰਪ ਵਰਗਾ ਦਸਿਆ ਹੈ ਜੋ ਸਦਾ ਵਿਸ਼ ਦਾ ਪ੍ਰਸਾਰ ਕਰਦਾ ਰਹਿੰਦਾ ਹੈ । ਅਜਿਹੇ ਆਚਰਣ ਵਾਲੇ ਵਿਅਕਤੀ ਲਈ ਹਾਰ ਹੀ ਹਾਰ ਹੈ— ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ । ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ । ( ਗੁ.ਗ੍ਰੰ. 712 ) । ਇਕ ਹੋਰ ਥਾਂ’ ਤੇ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ ਕਿ— ਬਿਨੁ ਸਿਮਰਨ ਹੈ ਆਤਮ ਘਾਤੀ । ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ । ( ਗੁ.ਗ੍ਰੰ. 239 ) । ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ । ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ । ( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ । ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ । ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ । ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ । ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ । ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ । ( ਗੁ.ਗ੍ਰੰ.1352 ) ।
