ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ
ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ।
