ਸੰਤ ਮਸਕੀਨ ਜੀ ਦੀ ਕਥਾ

ਸੰਤ ਮਸਕੀਨ ਜੀ ਦੀ ਕਥਾ ‘ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ।ਗਿਆਨੀ ਸੰਤ ਸਿੰਘ ਮਸਕੀਨ ਦਾ ਜਨਮ 1934 ਈ. ਨੂੰ ਪਿਤਾ ਕਰਤਾਰ ਸਿੰਘ ਦੇ ਗ੍ਰਹਿ ਮਾਤਾ ਰਾਮ ਕੌਰ ਜੀ ਦੀ ਕੁੱਖੋਂ ਕਸਬਾ ਲੱਕ ਮਰਵਤ ਜ਼ਿਲ੍ਹਾ ਬੰਨੂ (ਪਾਕਿਸਤਾਨ) ਵਿਚ ਹੋਇਆ।

ਉਹਨਾਂ ਨੇ ਮੁੱਢਲੀ ਵਿੱਦਿਆ ਖਾਲਸਾ ਸਕੂਲ ਪਾਕਿਸਤਾਨ ਤੋਂ ਪ੍ਰਾਪਤ ਕੀਤੀ। ਉਪਰੰਤ ਗੌਰਮਿੰਟ ਹਾਈ ਸਕੂਲ ਵਿਚ ਦਾਖਲ ਹੋ ਗਏ, ਪਰ 1947 ਵਿਚ ਦੇਸ਼ ਦੀ ਵੰਡ ਹੋਣ ਕਾਰਨ ਮੈਟ੍ਰਿਕ ਦਾ ਇਮਤਿਹਾਨ ਨਾ ਦੇ ਸਕੇ। ਦੇਸ਼ ਵੰਡ ਤੋਂ ਬਾਅਦ ਗਿਆਨੀ ਜੀ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਵਿਖੇ ਵੱਸ ਗਏ।ਗਿਆਨੀ ਜੀ ਨੂੰ ‘ਮਸਕੀਨ’ ਲਕਬ ਬਾਬਾ ਬਲਵੰਤ ਸਿੰਘ ਜੀ ਨੇ ਆਪ ਦਿੱਤਾ। 1958 ਵਿਚ ਉਹਨਾਂ ਦਾ ਵਿਆਹ ਬੀਬੀ ਸੁੰਦਰ ਕੌਰ ਨਾਲ ਹੋਇਆ। ਉਹਨਾਂ ਗ੍ਰਹਿਸਥੀ ਜੀਵਨ ਦੇ ਨਾਲ ਨਾਲ ਪ੍ਰਚਾਰ ਕਰਨ ਦਾ ਕੰਮ ਵੀ ਜਾਰੀ ਰੱਖਿਆ। 1960 ਵਿਚ ਉਹਨਾਂ ਆਪਣੇ ਗ੍ਰਹਿ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ। ਅਲਵਰ ਵਿਖੇ ਗੁਰੂ ਨਾਨਕ ਪਬਲਿਕ ਸਕੂਲ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗਿਆਨੀ ਜੀ ਦੀ ਦੇਖ-ਰੇਖ ਵਿਚ ਚੱਲ ਰਹੇ ਸਨ। ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦਿੰਦੇ ਸਨ। ਇਨ੍ਹਾਂ ਸਕੂਲਾਂ ਦਾ ਖਰਚਾ ਵੀ ਜ਼ਿਆਦਾਤਰ ਗਿਆਨੀ ਜੀ ਆਪ ਕਰਦੇ ਸਨ। ਅਲਵਰ ਵਿਖੇ ਮਸਕੀਨ ਜੀ ਦੀ ਸਰਪ੍ਰਸਤੀ ਹੇਠ ਸਾਲਾਨਾ ਗੁਰਮਤਿ ਸਮਾਗਮ ਮਨਾਇਆ ਜਾਂਦਾ ਸੀ।ਮਸਕੀਨ ਜੀ ਜਿੱਥੇ ਚੰਗੇ ਬੁਲਾਰੇ ਸਨ, ਉਥੇ ਉਹ ਕਲਮ ਦੇ ਧਨੀ ਵੀ ਸਨ। ਉਹਨਾਂ ਨੇ ਜਪੁ ਨੀਸਾਣ, ਗੁਰੂ ਚਿੰਤਨ, ਗੁਰੂ ਜੋਤੀ, ਬ੍ਰਹਮ ਗਿਆਨ, ਤੀਜਾ ਨੇਤਰ, ਪੰਜ ਤੱਤ, ਧਰਮ ਤੇ ਮਨੁੱਖ, ਮਸਕੀਨ ਜੀ ਦੇ ਲੈਕਚਰ ਸਮੇਤ ਇੱਕ ਦਰਜਨ ਤੋਂ ਵੀ ਵੱਧ ਪੁਸਤਕਾਂ ਸਿੱਖ ਜਗਤ ਨੂੰ ਭੇਟ ਕੀਤੀਆਂ ਹਨ। ਮਸਕੀਨ ਜੀ ਦੇ ਲੈਕਚਰ ਕੈਸੇਟਾਂ ਅਤੇ ਸੀਡੀਜ਼ ਰਾਹੀਂ ਵੀ ਮਾਰਕੀਟ ਵਿਚ ਉਪਲਬਧ ਹਨ। ਈ.ਟੀ.ਸੀ. ਚੈਨਲ ਪੰਜਾਬੀ ਤੋਂ ਰੋਜ਼ਾਨਾ ਸਵੇਰੇ ਉਹਨਾਂ ਦੀ ਲੜੀਵਾਰ ਕਥਾ ਆਉਂਦੀ ਰਹੀ।

Leave a Reply

Your email address will not be published. Required fields are marked *