Home / ਪੰਜਾਬੀ ਖਬਰਾਂ / ਸਾਹਿਬ ਗਿਆਨੀ ਸੁਖਜਿੰਦਰ ਸਿੰਘ”ਪੱਗੜੀ ਦੀ ਰਸਮ

ਸਾਹਿਬ ਗਿਆਨੀ ਸੁਖਜਿੰਦਰ ਸਿੰਘ”ਪੱਗੜੀ ਦੀ ਰਸਮ

ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਤੇ ਗੁਰਮਤਿ ਸਮਾਗਮ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਕੀਤਾ ਗਿਆ, ਜਿਸ ਵਿਚ ਸਿੰਘ ਸਾਹਿਬਾਨ, ਪੰਥਕ ਆਗੂ, ਵੱਖ-ਵੱਖ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਸਹਿਜ, ਸੰਜਮ ਅਤੇ ਹਲੇਮੀ ਭਰਪੂਰ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰਮਤਿ ਜੁਗਤਿ ਅਨੁਸਾਰ ਜੀਵਿਆ।ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਜਸਵੰਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸੰਪ੍ਰਦਾ, ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਭਾਈ ਅਜਾਇਬ ਸਿੰਘ ਅਭਿਆਸੀ, ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨੱਈਆ, ਭਾਈ ਅਮੀਰ ਸਿੰਘ ਜਵੱਦੀ ਟਕਸਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੇ ਸੰਬੋਧਨ ਦੌਰਾਨ ਗਿਆਨੀ ਸੁਖਜਿੰਦਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਸਪੁੱਤਰ ਪਰਮਦੀਪ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ, ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਸ਼ਰਨਜੀਤ ਕੌਰ, ਸਪੁੱਤਰੀ ਬੀਬੀ ਅਰਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਦਮਾਦ ਭਾਈ ਵਰਿੰਦਰ ਸਿੰਘ ਵੀ ਮੌਜੂਦ ਸਨ।

error: Content is protected !!