ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਬੁੱਧਵਾਰ ਨੂੰ ਸੂਬੇ ਵਿਚ ਪਨਬਸ ਸੇਵਾ ਠੱਪ ਕਰ ਦਿੱਤੀ। ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਵੀਰਵਾਰ ਤੋਂ ਪੀਆਰਟੀਸੀ ਦੀਆਂ ਬੱਸਾਂ ਵੀ ਨਹੀਂ ਚੱਲਣਗੀਆਂ। ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਡਾਇਰੈਕਟਰ ਟਰਾਂਸਪੋਰਟ ਦਫ਼ਤਰ ਦੇ ਬਾਹਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਪਨਬਸ ਸੇਵਾ ਬੰਦ ਕਰ ਦਿੱਤੀ ਗਈ ਹੈ। ਜਿਹੜੀਆਂ ਬੱਸਾਂ ਸਵੇਰੇ ਡਿਪੂਆਂ ਵਿਚੋਂ ਨਿਕਲੀਆਂ ਸਨ, ਉਹੀ ਸੜਕਾਂ ’ਤੇ ਚੱਲ ਰਹੀਆਂ ਹਨ, ਰਾਤ ਤਕ ਪਨਬਸ ਦੀਆਂ ਕਰੀਬ 1700 ਬੱਸਾਂ ਪੂਰੀ ਤਰ੍ਹਾਂ ਨਾਲ ਚੱਲਣੀਆਂ ਬੰਦ ਹੋ ਜਾਣਗੀਆਂ। ਵੀਰਵਾਰ ਨੂੰ ਪੀਆਰਟੀਸੀ ਦੀ ਬੱਸ ਸੇਵਾ ਵੀ ਬੰਦ ਕਰਨ ਦੀ ਤਿਆਰੀ ਕਰ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਯੂਨੀਅਨ ਦੇ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਉਪ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਬਲਜੀਤ ਸਿੰਘ ਗਿੱਲ, ਕੈਸ਼ੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੱਲ ਕੱਢਣ ਦੀ ਬਜਾਏ ਧੱਕਾ ਕਰਨ ਵਿਚ ਲੱਗੀ ਹੋਈ ਹੈ। ਮੁਲਾਜ਼ਮਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਤਨਖ਼ਾਹ ਨਹੀਂ ਮਿਲੀ ਹੈ।
ਅਧਿਕਾਰੀ ਲਗਾਤਾਰ ਗਲਤ ਫ਼ੈਸਲੇ ਲੈ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਪਿੱਛੋਂ 28 ਤੇ 29 ਮਈ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਪਿੱਛੋਂ ਛੇ ਜੂਨ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਅੱਠ ਤੋਂ ਦਸ ਜੂਨ ਤਕ ਪੀਆਰਟੀਸੀ ਮੁਲਾਜ਼ਮ ਹੜਤਾਲ ’ਤੇ ਰਹਿਣਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।