Home / ਦੁਨੀਆ ਭਰ / ਮਾਨ ਸਰਕਾਰ ਵੱਲੋਂ ਵੱਡਾ ਐਲਾਨ

ਮਾਨ ਸਰਕਾਰ ਵੱਲੋਂ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂਕੇ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨਾਲ ਤੁਰੰਤ ਗੱਠਜੋੜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਇਸ ਸਮੇਂ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਅਤੇ ਸ਼ਾਰਜਾਹ ਲਈ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਚੱਲ ਰਹੀਆਂ ਹਨ। ਅੱਜ ਸਵੇਰੇ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਆਬਾਦੀ ਦਾ ਵੱਡਾ ਹਿੱਸਾ ਕੈਨੇਡਾ, ਅਮਰੀਕਾ, ਯੂ.ਕੇ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਵੱਸਦਾ ਹੈ, ਇਸ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਹੋਵੇਗਾ।

ਸੂਬੇ ਵਿੱਚ ਐਗਰੋ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਤੁਰੰਤ ਸ਼ੁਰੂ ਕਰਨ ਲਈ ਵੀ ਆਖਿਆ ਤਾਂ ਜੋ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਇਸ ਕਿਸਾਨ ਹਿਤੈਸ਼ੀ ਪਹਿਲਕਦਮੀ ਰਾਹੀਂ ਆਮ ਤੌਰ ‘ਤੇ ਦੁਨੀਆ ਭਰ ਵਿੱਚ ਖੁਰਾਕੀ ਵਸਤਾਂ ਦੀ ਬਰਾਮਦ ਨੂੰ ਲੋੜੀਂਦਾ ਹੁਲਾਰਾ ਦੇਣ ਅਤੇ ਖਾਸ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਕਈ ਗੁਣਾ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੁਹਾਲੀ ਰੱਖਣ ਲਈ ਵਿਆਪਕ ਸਹਿਮਤੀ ਬਣਾਉਣ ਲਈ ਵਿਭਾਗ ਨੂੰ ਤੁਰੰਤ ਹਰਿਆਣਾ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਮੀਟਿੰਗ ਬੁਲਾਉਣ ਲਈ ਕਿਹਾ।

ਸੂਬੇ ਭਰ ਵਿੱਚ ਸਨਅਤੀਕਰਨ ਨੂੰ ਅੱਗੇ ਵਧਾਉਣ ਲਈ ਸ਼ਹਿਰੀ ਹਵਾਬਾਜ਼ੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਐਨਕਲੇਵ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਉਦਯੋਗਿਕ ਧੁਰੇ ਲੁਧਿਆਣਾ ਦੇ ਆਸ-ਪਾਸ ਵਪਾਰਕ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਮਿਲ ਸਕੇ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?