ਪੰਜਾਬ ਸਰਕਾਰ ਦੀ ਸੁਰੱਖਿਆ ਵਾਪਸ ਹੁੰਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸਿੰਘ ਸਾਹਿਬ ਦੀ ਦਮਦਮਾ ਸਾਹਿਬ ਵਿਚਲੀ ਰਿਹਾਇਸ਼ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਉਤੇ ਐੱਸਜੀਪੀਸੀ ਵੱਲ਼ੋਂ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਦੀ ਸੁਰੱਖਿਆ ਕਿਸੇ ਸਰਕਾਰ ਦੀ ਮੋਹਤਾਜ ਨਹੀਂ ਹੈ।
ਦੱਸ ਦਈਏ ਕਿ ਉਧਰ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੰਘ ਸਾਹਿਬ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ‘ਚ ਸ਼ਾਮਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਉਹਨਾਂ ਨੇ ਬਾਕੀ ਰਹਿੰਦੀ ਸੁਰੱਖਿਆ ਵੀ ਵਾਪਸ ਕਰਨ ਦਾ ਫੈਸਲਾ ਲਿਆ ਹੈ।
ਪੰਜਾਬ ਦੀ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ ‘ਤੇ ਕੱਟ ਮਾਰਿਆ ਹੈ। ਵਿਧਾਇਕਾਂ , ਸਾਬਕਾ ਵਿਧਾਇਕਾਂ, ਸਾਬਕਾ ਸਾਂਸਦਾ ਸਮੇਤ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਲਿਸਟ ‘ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ।
ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।।