ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ । ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ {ਪੰਨਾ 709} ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧।
ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709}
ਪਦਅਰਥ: ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।
ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.