ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ।

Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.