(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ,
ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ।
(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥*