
ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।
ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।
ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.