ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ (Amritpal Singh health) ਗਈ ਹੈ। ਇਹ ਦਾਅਵਾ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਗਈ ਸੀ ਜਿਥੇ ਉਸ ਦੇ ਪਤੀ ਨੂੰ ਖੂਨ ਦੀ ਉਲਟੀ ਹੋਈ ਸੀ। ਜਿਸ ਕਾਰਨ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ ਅਤੇ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਸ ਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿਚ ਉਸ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ।ਐਡਵੋਕੇਟ ਖਾਲਸਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਉਸ ਨੂੰ ਕਾਨੂੰਨੀ ਤੌਰ ਉਤੇ ਆਪਣਾ ਲੀਗਲ ਐਡਵਾਈਜ਼ਰ ਤੇ ਬੁਲਾਰਾ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਇੱਕ ਕਾਪੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਭੇਜੀ ਹੈ।
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਬੈਠਾ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਦੋ ਦਿਨ ਪਹਿਲਾਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸੀ। ਕੱਲ੍ਹ ਉਸ ਦੀ ਪਤਨੀ ਕਿਰਨਦੀਪ ਕੌਰ ਵੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਈ ਅਤੇ ਉਸ ਦੀ ਮੌਜੂਦਗੀ ਵਿੱਚ ਅੰਮ੍ਰਿਤਪਾਲ ਸਿੰਘ ਨੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ।