ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।