ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ 13 ਵਿੱਚੋਂ 6 ਲੋਕ ਸਭਾ ਹਲਕਿਆਂ ਉੱਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਹੈ.. ਇਸ ਵਾਰ ਅਦਾਕਾਰ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਨਹੀਂ ਹੋਣਗੇ ਉੱਥੇ ਹੀ ਪਿਛਲੀਆਂ ਚੋਣਾਂ ਵਿੱਚ ਦਿੱਲੀ ਤੋਂ ਲੋਕ ਸਭਾ ਮੈਂਬਰ ਰਹੇ ਹੰਸ ਰਾਜ ਹੰਸ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ..
ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮਗਰੋਂ ਪੰਜਾਬ ਦੀ ਸਿਆਸਤ ਬਾਰੇ ਕਈ ਤਰ੍ਹਾਂ ਦੀਆਂ ਕਿਆਸ-ਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ।ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਉਹ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਕੋਟਲੀ ਦੇ ਵਸਨੀਕ ਹਨ।
ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਹਨ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ਉੱਪਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ।ਰਵਨੀਤ ਸਿੰਘ ਬਿੱਟੂ ਗਾਂਧੀ ਪਰਿਵਾਰ ਦੇ ਨੇੜਲੇ ਆਗੂਆਂ ਵਿੱਚੋਂ ਜਾਣੇ ਜਾਂਦੇ ਹਨ।ਸਿਆਸੀ ਹਲਕਿਆਂ ਵਿੱਚ ਇਹ ਗੱਲ ਪੁਖਤਾ ਤੌਰ ‘ਤੇ ਕਹੀ ਜਾਂਦੀ ਰਹੀ ਹੈ ਕਿ ਰਵਨੀਤ ਸਿੰਘ ਬਿੱਟੂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਵਿਸ਼ੇਸ਼ ਟੀਮ ਦੇ ਮੈਂਬਰ ਸਨ।
ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਕਾਂਗਰਸ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
ਇਹ ਵੱਖਰੀ ਗੱਲ ਹੈ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਪਾਰਟੀ ਦੇ ਕਈ ਦਿੱਗਜ਼ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।ਰਵਨੀਤ ਸਿੰਘ ਬਿੱਟੂ ਨੇ 26 ਮਾਰਚ ਨੂੰ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਸੀ।
ਉਹ ਸਾਲ 2008 ਵਿੱਚ ਉਸ ਵੇਲੇ ਚਰਚਾ ਵਿੱਚ ਆਏ ਸਨ, ਜਦੋਂ ਉਨ੍ਹਾਂ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।ਇਸ ਮਗਰੋਂ ਉਨ੍ਹਾਂ ਨੇ ਰਾਹੁਲ ਗਾਂਧੀ ਵੱਲੋਂ ਦੇਸ਼ ਭਰ ਵਿੱਚ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਲਾਮਬੰਦ ਕਰਨ ਲਈ ਚਲਾਈ ਗਈ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਈ ਸੀ।