ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ,
ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧।ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ {ਪੰਨਾ 691}
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨।
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।*