ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।੧।ਰਹਾਉ।ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ।੧।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ।੨।
(ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ।੩।ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਹੇ ਨਾਨਕ! ਆਖ-(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ।੪।੪।