ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਵੱਲੋਂ 2024 ਦੀ ਲੋਕ ਸਭਾ ਚੋਣ ਲੜਨ ਬਾਰੇ ਬੀਤੇ ਕਈ ਦਿਨਾਂ ਤੋਂ ਲਗਾਤਾਰ ਅਟਕਲਾਂ ਚੱਲ ਰਹੀਆਂ ਹਨ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਹ ਐਲਾਨ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਲਗਾਇਆ ਗਿਆ ਸੀ।
ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।ਅਜਨਾਲਾ ਵਿੱਚ ਅਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਣੇ ਥਾਣੇ ਦਾ ਘਿਰਾਓ ਕੀਤਾ ਸੀ ਜਿਸ ਦੌਰਾਨ ਹਿੰਸਾ ਵੀ ਹੋਈ ਸੀ। ਇਸ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਉੱਤੇ ਐਨਐੱਸਏ ਵੀ ਲਗਾਇਆ ਗਿਆ।
ਇਸ ਵੇਲੇ ਅਮ੍ਰਿਤਪਾਲ ਸਿੰਘ ਦੇ ਨਾਲ ਐੱਨਐੱਸਏ ਦੇ ਤਹਿਤ 9 ਲੋਕ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।ਅਮ੍ਰਿਤਪਾਲ ਸਿੰਘ, ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਨਵੇਂ ਮੁਖੀ ਬਣਾਏ ਗਏ ਹਨ।
ਅਮ੍ਰਿਤਪਾਲ ਸਿੰਘ ਦੀ ‘ਵਾਰਸ ਪੰਜਾਬ ਦੇ’ ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ 2022 ਨੂੰ ਕੀਤੀ ਗਈ ਸੀ।
ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।
ਅਮ੍ਰਿਤਪਾਲ ਸਿੰਘ ਆਪਣੇ ਆਪ ਬਾਰੇ ਕਹਿੰਦੇ ਹਨ,”ਚਾਹੇ ਤਾਂ ਕੋਈ ਮੈਨੂੰ ਛੋਟਾ ਭਰਾ ਮੰਨ ਸਕਦਾ ਹੈ ਜਾਂ ਵੱਡਾ ਭਰਾ, ਮੇਰੀ ਉਮਰ ਵੀ ਐਨੀ ਕੁ ਹੈ।ਅਮ੍ਰਿਤਪਾਲ ਸਿੰਘ ਆਪ ਕੁਝ ਨਹੀਂ ਹੈ, ਇਸ ਸੰਘਰਸ਼ ਦੇ ਰਾਹ ਉੱਤੇ ਬਹੁਤ ਬੰਦੇ ਆਏ ਅਤੇ ਗਏ, ਅੰਮ੍ਰਿਤਪਾਲ ਸਿੰਘ ਉਨ੍ਹਾਂ ਵਿੱਚੋਂ ਇੱਕ ਹੈ।”