ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।
ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।
ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।
ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।
ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।