ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ।
ਸਥਾਨਕ ਭਾਈ ਗੁਰਦਾਸ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ‘ਤੇ ਸੰਗਤਾਂ ਦਾ ਬਹੁਤ ਦਬਾਅ ਹੈ ਕਿ ਉਹ ਲੋਕ ਸਭਾ ਚੋਣ ਲੜਣ। ਸੰਗਤਾਂ ਦੇ ਫ਼ੈਸਲੇ ਅੱਗੇ ਸਿਰ ਝੁਕਾਉਦਿਆਂ ਅੰਮ੍ਰਿਤਪਾਲ ਸਿੰਘ ਨੇ ਫ਼ੈਸਲਾ ਲਿਆ ਹੈ ਕਿ ਉਹ ਲੋਕ ਸਭਾ ਚੋਣ ਵਿਚ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰਣਗੇ। ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਅੰਮ੍ਰਿਤਪਾਲ ਸਿੰਘ ਤੇ ਬਾਕੀ ਬੰਦੀ ਸਿੱਖਾਂ ਨਾਲ ਮੁਲਾਕਾਤ ਕਰਨ ਲਈ ਅਨੇਕਾਂ ਖੱਜਲ ਖੁਆਰੀਆਂ ਦਾ ਸਾਮਣਾ ਕਰਨਾ ਪੈਂਦਾ ਹੈ।
ਸਰਕਾਰ ਦੀਆਂ ਨੀਤੀਆਂ ਅਜਿਹੀਆਂ ਹਨ ਕਿ ਧਾਰਮਿਕ ਚੇਤਨਾ ਮਾਰਚ ਕੱਢਣ ‘ਤੇ ਵੀ ਰੋਕ ਲੱਗ ਜਾਂਦੀ ਹੈ। ਗਰੀਬ ਸਿੱਖਾਂ ਦਾ ਧਰਮ ਪਰਿਵਰਤਨ ਰੋਕਣ ਲਈ ਸਿੱਖ ਸੰਸਥਾਵਾਂ ਕੋਈ ਯੋਜਨਾ ਨਹੀ ਉਲੀਕੀ ਜਾ ਰਹੀ। ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ ਇਹ ਵੀ ਠੀਕ ਹੈ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਣ ਦੇ ਹੱਕ ਵਿਚ ਨਹੀ ਹਨ। ਪਰ ਹਾਲਾਤ ਮੰਗ ਕਰ ਰਹੇ ਹਨ ਕਿ ਫਿਲਹਾਲ ਸਾਨੂੰ ਆਪਣੀ ਰਣਨੀਤੀ ਤਬਦੀਲ ਕਰਨ ਦੀ ਲੋੜ ਹੈ। ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ ਜਲਦ ਹੀ ਸੰਗਤ ਦਾ ਭਾਰੀ ਇਕੱਠ ਬੁਲਾ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਬਾਜੇਕੇ, ਬੀਬੀ ਮਨਧੀਰ ਕੌਰ ਅਤੇ ਬੀਬੀ ਪਲਵਿੰਦਰ ਕੌਰ, ਭਾਈ ਕਰਨਵੀਰ ਸਿੰਘ ਵੀ ਹਾਜ਼ਰ ਸਨ।
ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।