ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ।ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੀ ਤਰਫੋਂ ਉਸ ਦੇ ਚਾਚਾ ਅਤੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਅੰਮ੍ਰਿਤਪਾਲ ਸਿੰਘ ਦੀ ਤਰਫ਼ੋਂ ਵਕੀਲ ਹਰਜੋਤ ਸਿੰਘ, ਉਸ ਦੇ ਰਿਸ਼ਤੇਦਾਰ ਸੁਖਚੈਨ ਸਿੰਘ ਸਮੇਤ ਪੰਜ ਮੈਂਬਰ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪੁੱਜੇ। ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਉਸ ਦੇ ਚਾਚੇ ਨੇ ਭਰੇ ਹਨ। ਕੋਈ ਵੀ ਵਿਅਕਤੀ ਕਿਸੇ ਵੀ ਉਮੀਦਵਾਰ ਦੇ ਕਾਗਜ਼ ਦਾਖਲ ਕਰ ਸਕਦਾ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ।
ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ ‘ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ।