ਪੰਜਾਬ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਡਰੱਗ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਤੋਂ 5 ਗ੍ਰਾਮ ਨਸ਼ਾ ਬਰਾਮਦ ਹੋਇਆ ਹੈ। ਹਰਪ੍ਰੀਤ ਸਿੰਘ ਕੋਲੋਂ ਬਰਾਮਦ ਹੋਈ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਦੱਸਿਆ ਜਾ ਰਿਹਾ ਹੈ।
ਗ੍ਰਿਫਤਾਰੀ ਤੋਂ ਬਾਅਦ ਦੇਰ ਰਾਤ ਉਸ ਦਾ ਮੈਡੀਕਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਜਦੋਂ ਹਰਪ੍ਰੀਤ ਨੂੰ ਫੜਿਆ ਗਿਆ ਤਾਂ ਉਸ ਨੇ ਸ਼ਰਾਬ ਵੀ ਪੀਤੀ ਹੋਈ ਸੀ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ। ਪੁਲਿਸ ਨੇ ਇਸ ਸਾਰੀ ਘਟਨਾ ਦੀ ਵੀਡੀਓਗ੍ਰਾਫੀ ਵੀ ਕੀਤੀ ਹੈ। ਹਰਪ੍ਰੀਤ ਦੇ ਨਾਲ ਇੱਕ ਹੋਰ ਦੋਸਤ ਵੀ ਸੀ ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਸ ਨੂੰ ਫਿਲੌਰ ਹਾਈਵੇ ‘ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਉਹ ਉਸ ਸਮੇਂ ਕਾਰ ਵਿੱਚ ਸਵਾਰ ਸੀ।
ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਕੀਤੀ ਹੈ। ਐਸਐਸਪੀ ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਅਸੀਂ ਜਲਦੀ ਹੀ ਇਸ ਬਾਰੇ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਫ਼ਿਲਹਾਲ ਉਨ੍ਹਾਂ ਨੇ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਬਾਰੇ ਕੁਝ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਇਸ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਦਿੱਲੀ ਪਹੁੰਚ ਕੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ। ਸਹੁੰ ਚੁਕਾਉਣ ਤੋਂ ਤੁਰੰਤ ਬਾਅਦ ਪੁਲਿਸ ਉਸ ਨੂੰ ਵਾਪਸ ਅਸਾਮ ਲੈ ਗਈ ਸੀ।
ਇਸ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਮਾਂ ਬਲਵਿੰਦਰ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਨੇ ਭਾਰਤ ਦੇ ਸੰਵਿਧਾਨ ਦੀ ਸਹੁੰ ਚੁੱਕੀ ਹੈ ਤੇ ਉਹ ਹੁਣ ਖਾਲਿਸਤਾਨ ਦਾ ਸਮਰਥਨ ਨਹੀਂ ਕਰਦਾ ਪਰ ਕੁਝ ਸਮੇਂ ਬਾਅਦ ਹੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਬਿਆਨ ਸਾਂਝਾ ਕੀਤਾ ਗਿਆ ਸੀ ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਮੈਂ ਪਰਿਵਾਰ ਦੇ ਬਿਆਨ ਨਾਲ ਅਸਹਿਮਤ ਹਾਂ, ਧਰਮ ਪ੍ਰਤੀ ਮੇਰਾ ਸਟੈਂਡ ਹੁਣ ਵੀ ਉਹੀ ਹੈ।