ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਲਿਖਤੀ ਜਵਾਬ ਮੰਗਿਆ ਸੀ। ਦੱਸ ਦਈਏ ਕਿ ਪਹਿਲੀ ਜੁਲਾਈ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ।
ਸਭ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਬਾਅਦ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੰਦ ਲਿਫਾਫਾ ਸੌਂਪਿਆ। SAD ਪ੍ਰਧਾਨ ਨੇ ਮੀਡੀਆ ਦੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਦੱਸ ਦਈਏ ਕਿ ਇਸ ਬੰਦ ਲਿਫਾਫੇ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਕਮੇਟੀ ਅੱਗੇ ਖੋਲਿਆ ਜਾਵੇਗਾ।
ਬਾਗੀ ਧੜੇ ਨੇ ਮੁਆਫ਼ੀਨਾਮੇ ਵਿੱਚ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਅਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ।
ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਦੁਆਰਾ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗੇ ਜਾਣ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਪੱਖ ਸੌਂਪ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਪੰਜ ਸਿੰਘ ਸਾਹਿਬਾਨ ਦੀ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਇਸ ਸਪੱਸ਼ਟੀਕਰਨ ‘ਤੇ ਵਿਚਾਰ ਕੀਤਾ ਜਾਵੇਗਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.