ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।
ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ। ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ, ਜੋ ਮਨੁੱਖ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ।
ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ।੨।
ਪਉੜੀ ॥ ਬਜਰ ਕਪਾਟ ਕਾਇਆ ਗੜ੍ਹ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨ੍ਹ੍ਹਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥ {ਪੰਨਾ 514}
ਅਰਥ: ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲ੍ਹੇ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ। ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ। ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ।੧੪।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.