ਬੀਤੇ ਦਿਨੀਂ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਆਵਾਜ਼ ਬੁੰਲਦ ਕੀਤੀ ਸੀ। ਇਸ ‘ਤੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਜਦੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਆਪ੍ਰੇਸ਼ਨ ਚਲਾਇਆ ਗਿਆ ਸੀ ਜਾਂ ਉਸ ਦੀ ਪਤਨੀ ਨੂੰ ਬਾਹਰ ਜਾਣ ਤੋਂ ਰੋਕਿਆ ਗਿਆ ਸੀ ਤਾਂ ਉਦੋਂ ਵੀ ਚਰਨਜੀਤ ਸਿੰਘ ਚੰਨੀ ਨੇ ਇਸ ਸਭ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵਿਚ ਵਿਰੋਧ ਹੋਇਆ ਸੀ, ਉਦੋਂ ਵੀ ਚਰਨਜੀਤ ਸਿੰਘ ਚੰਨੀ ਨੇ ਬੜੇ ਵਧੀਆ ਢੰਗ ਨਾਲ ਪੰਜਾਬ ਦਾ ਪੱਖ ਰੱਖਿਆ ਸੀ। ਉਨ੍ਹਾਂ ਚਰਨਜੀਤ ਸਿੰਘ ਚੰਨੀ ਨੂੰ ਜੁਝਾਰੂ ਯੋਧਾ ਦੱਸਦਿਆਂ ਕਿਹਾ ਕਿ ਸਾਡੇ ਪਰਿਵਾਰ ਨੂੰ ਉਨ੍ਹਾਂ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਬਾਕੀ ਪਾਰਲੀਮੈਂਟ ਮੈਂਬਰਾਂ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਨੂੰ ਵੀ ਇਸ NSA ਦੇ ਖ਼ਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ। ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਸਾਡੇ ਨਾਲ ਹੋ ਰਹੀ ਬੇਇਨਸਾਫ਼ੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ 6 ਲੱਖ ਲੋਕਾਂ ਨੇ ਵੋਟਾਂ ਪਾ ਕੇ ਜਿਤਾਇਆ ਹੈ। ਸਾਰਿਆਂ ਨੂੰ ਉਨ੍ਹਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ NSA ਤੋੜ ਕੇ ਰਿਹਾਅ ਕਰਨਾ ਚਾਹੀਦਾ ਹੈ।