ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਦਿਹਾੜੇ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (4 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 4 ਸਤੰਬਰ 2024 ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ 2024 ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ।
ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 15 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.