ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।