ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਦੇ ਸਕੂਲ ਸ਼ੁੱਕਰਵਾਰ ਤੋਂ ਐਤਵਾਰ ਤੱਕ ਬੰਦ ਰਹਿਣਗੇ। ਇਹ ਫੈਸਲਾ ਧੂੰਏਂ ਦੇ ਵਧਦੇ ਪੱਧਰ ਅਤੇ ਵਿਗੜਦੀ ਹਵਾ ਦੀ ਗੁਣਵੱਤਾ ਕਾਰਨ ਲਿਆ ਗਿਆ ਹੈ। ਇਸ ਦੌਰਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ (maryam nawaz sharif) ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਭਾਰਤ ਅਤੇ ਪਾਕਿਸਤਾਨ ਵੱਲੋਂ ਮਿਲ ਕੇ ਕੰਮ ਕਰਨ ਦੀ ਗੱਲ ਕੀਤੀ। ਲਹਿੰਦੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਤਿੰਨ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਲਾਹੌਰ ਵਿਚ ਔਸਤ ਏਅਰ ਕੁਆਲਿਟੀ ਇੰਡੈਕਸ (AQI) 208 ਦਰਜ ਕੀਤੇ ਜਾਣ ਤੋਂ ਬਾਅਦ ਅਜਿਹਾ ਫੈਸਲਾ ਲਿਆ ਗਿਆ।
ਪੰਜਾਬ ਦੇ ਵਾਤਾਵਰਨ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਕਿਹਾ, ‘ਬੱਚਿਆਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਸੰਸ਼ੋਧਿਤ ਸਕੂਲਾਂ ਦੇ ਸਮੇਂ ਬਾਰੇ ਅੰਤਿਮ ਫੈਸਲਾ ਨਵੰਬਰ ਦੇ ਸ਼ੁਰੂ ਵਿੱਚ ਸਮੋਗ ਸਮੀਖਿਆ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।’ ਲਾਹੌਰ ਨੂੰ ਪਾਕਿਸਤਾਨ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਮੰਨਿਆ ਗਿਆ ਹੈ। ਇਸ ਦਾ ਮੁੱਖ ਕਾਰਨ ਧੂੰਏਂ ਕਾਰਨ ਵਿਗੜ ਰਹੀ ਸਥਿਤੀ ਹੈ।
ਸੂਬਾ ਸਰਕਾਰ ਲਾਹੌਰ ਦੇ ਬਹੁਤ ਜ਼ਿਆਦਾ ਪ੍ਰਦੂਸ਼ਿਤ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਗ੍ਰੀਨ ਲੌਕਡਾਊਨ ਦਾ ਐਲਾਨ ਕਰਕੇ ਇਸ ਦੇ ਪ੍ਰਭਾਵਾਂ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵਾਤਾਵਰਣ ਸੁਰੱਖਿਆ ਵਿਭਾਗ ਨੇ ਗ੍ਰੀਨ ਲੌਕਡਾਊਨ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਦਾ ਉਦੇਸ਼ ਮਨੋਨੀਤ ਖੇਤਰਾਂ ਵਿੱਚ ਨਿਰਮਾਣ ਗਤੀਵਿਧੀਆਂ ਉਤੇ ਪਾਬੰਦੀ ਲਗਾਉਣਾ ਹੈ। ਇਸ ਤੋਂ ਇਲਾਵਾ ਆਟੋ-ਰਿਕਸ਼ਾ ਦੇ ਦਾਖਲੇ ‘ਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਕਮਰਸ਼ੀਅਲ ਜਨਰੇਟਰਾਂ ਦੀ ਵਰਤੋਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਨੋਟੀਫਿਕੇਸ਼ਨ ਅਨੁਸਾਰ, ਖਾਸ ਖੇਤਰਾਂ ਵਿੱਚ ਰਾਤ 8 ਵਜੇ ਤੋਂ ਬਾਅਦ ਬਾਹਰੀ ਬਾਰਬੇਕਿਊ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਰਮਿਆਨ Smog Diplomacy ਸ਼ੁਰੂ ਕਰਨ ਦੇ ਸੰਕੇਤ ਦਿੱਤੇ ਹਨ।ਪੰਜਾਬ ਦੀ ਮੁੱਖ ਮੰਤਰੀ (maryam nawaz sharif) ਨੇ ਕਿਹਾ ਕਿ ਉਹ ਭਾਰਤ ਦੇ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਹੱਦ ਦੇ ਦੋਵੇਂ ਪਾਸੇ ਧੂੰਏਂ ਕਾਰਨ ਵਿਗੜ ਰਹੀ ਸਥਿਤੀ ਨਾਲ ਨਜਿੱਠਣ ਲਈ ਸਹਿਯੋਗੀ ਯਤਨਾਂ ਅਤੇ ਯੋਜਨਾਬੰਦੀ ਦੀ ਅਪੀਲ ਕਰਨਗੇ।