ਭਾਰਤ ਨਾਲ ਜਾਰੀ ਤਣਾਅ ਵਿਚਕਾਰ ਕੈਨੇਡਾ ਨੇ ਭਾਰਤੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ‘ਚ ਸਖ਼ਤ ਬਦਲਾਅ ਕੀਤੇ ਹਨ। ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ‘ਤੇ ਵਰਕ ਵੀਜ਼ਾ ‘ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ। ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖਾਸ ਤੌਰ ‘ਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।
ਇਸ ਦੇ ਨਾਲ ਹੀ ਕੈਨੇਡਾ ਵਿੱਚ ਵਰਕ ਪਰਮਿਟ (PGWP) ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ, ਜੋ ਕਿ 1 ਨਵੰਬਰ, 2024 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਵਿਦਿਆਰਥੀਆਂ ਨੂੰ ਹੁਣ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਵੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।
1. ਭਾਸ਼ਾ ‘ਤੇ ਜ਼ੋਰ:—-ਕੈਨੇਡਾ ਵਿੱਚ PGWP ਲਈ ਅਰਜ਼ੀ ਦੇਣ ਤੋਂ ਪਹਿਲਾਂ ਵਿਦਿਆਰਥੀ ਦੀ ਭਾਸ਼ਾ ਦੀ ਮੁਹਾਰਤ ਦਾ ਮੁਲਾਂਕਣ ਕਰਨਾ ਹੁਣ ਮਹੱਤਵਪੂਰਨ ਹੋਵੇਗਾ। ਕੈਨੇਡਾ ਦਾ ਇਮੀਗ੍ਰੇਸ਼ਨ ਵਿਭਾਗ (IRCC) ਵਿਦਿਆਰਥੀਆਂ ਦੇ ਭਾਸ਼ਾ ਦੇ ਹੁਨਰ ਨੂੰ ਪਹਿਲ ਦੇਵੇਗਾ ਤਾਂ ਜੋ ਉਹ ਸਥਾਨਕ ਲੇਬਰ ਮਾਰਕੀਟ ਦੀਆਂ ਲੋੜਾਂ ਨੂੰ ਪੂਰਾ ਕਰ ਸਕਣ।
2. ਅਧਿਐਨ ਵਿਸ਼ੇ ਦੀ ਮਹੱਤਤਾ:——ਹੁਣ ਦੇਖਣਾ ਹੋਵੇਗਾ ਕਿ ਵਿਦਿਆਰਥੀ ਨੇ ਕਿਹੜੇ ਵਿਸ਼ੇ ਦੀ ਪੜ੍ਹਾਈ ਕੀਤੀ ਹੈ। ਉਨ੍ਹਾਂ ਖੇਤਰਾਂ ਨੂੰ ਪਹਿਲ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਕੈਨੇਡਾ ਨੂੰ ਹੁਨਰਮੰਦ ਕਰਮਚਾਰੀਆਂ ਦੀ ਜ਼ਿਆਦਾ ਲੋੜ ਹੈ। ਇਹ ਕਦਮ ਕੈਨੇਡੀਅਨ ਅਰਥਚਾਰੇ ਦੀਆਂ ਲੋੜਾਂ ਮੁਤਾਬਕ ਕਰਮਚਾਰੀਆਂ ਨੂੰ ਰੱਖਣ ਲਈ ਚੁੱਕਿਆ ਗਿਆ ਹੈ।
3. ਪੁਰਾਣੇ ਯੋਗਤਾ ਮਾਪਦੰਡ ਜਾਰੀ ਰਹਿਣਗੇ:—–ਹਾਲਾਂਕਿ, ਕੁਝ ਪੁਰਾਣੇ ਨਿਯਮ ਅਜੇ ਵੀ ਲਾਗੂ ਰਹਿਣਗੇ। ਇਹਨਾਂ ਵਿੱਚ ਕੈਨੇਡਾ ਵਿੱਚ ਕਿਸੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾ (DLI) ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀ, ਘੱਟੋ-ਘੱਟ ਕੋਰਸ ਦੀ ਮਿਆਦ ਨੂੰ ਪੂਰਾ ਕਰਨਾ ਅਤੇ ਵਰਕ ਪਰਮਿਟ ਲਈ ਨਿਰਧਾਰਤ ਹੋਰ ਸ਼ਰਤਾਂ ਸ਼ਾਮਲ ਹਨ।ਕੈਨੇਡਾ ਸਰਕਾਰ ਦਾ ਉਦੇਸ਼ ਇਨ੍ਹਾਂ ਬਦਲਾਵਾਂ ਰਾਹੀਂ ਵਿਦੇਸ਼ੀ ਵਿਦਿਆਰਥੀਆਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਕੈਨੇਡੀਅਨ ਲੇਬਰ ਮਾਰਕੀਟ ਦੀਆਂ ਮੰਗਾਂ ਦੇ ਅਨੁਸਾਰ ਕੰਮ ਕਰ ਸਕਣ।