ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ। ਹੇ ਮੇਰੇ ਮਨ! ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ ॥੧॥ ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ਰਹਾਉ॥ ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੬॥੧੨॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।