ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।
ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।
ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।