ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ। (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ॥੧॥ ਰਹਾਉ ॥
ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ – ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਆਸ ਅਤੇ ਤਾਂਘ – ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ ॥੧॥ ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਅੰਤਰਜਾਮੀ! ਹੇ ਨਾਨਕ ਜੀ ਦੇ ਮਾਲਕ! (ਤੂੰ) ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ ॥੨॥੨॥੫੪॥*
ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।