ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ {ਪੰਨਾ 645}
ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।