ਪੰਜਾਬ ‘ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ ਵੱਲੋਂ ਅੱਜ ਅਤੇ ਕੱਲ੍ਹ ਲਈ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਹਨੇਰੀ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।ਇਸ ਤਬਦੀਲੀ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਕਣਕ ਦੀ ਫਸਲ ਪੱਕਣ ਦੇ ਮੋੜ ‘ਤੇ ਹੈ ਅਤੇ ਮੀਂਹ ਪੈਂਦਿਆਂ ਫਸਲ ਨੂੰ ਨੁਕਸਾਨ ਹੋ ਸਕਦਾ ਹੈ। ਮਿੱਟੀ ਵਿੱਚ ਨਮੀ ਵਧਣ ਕਾਰਨ ਕਣਕ ਦੀ ਕੱਟਾਈ ‘ਚ ਰੁਕਾਵਟ ਆ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ, ਹਵਾਵਾਂ ਦੀ ਰਫ਼ਤਾਰ ਵੀ ਵਧ ਸਕਦੀ ਹੈ, ਜਿਸ ਨਾਲ ਤਿਆਰ ਫਸਲ ਮੈਦਾਨਾਂ ਵਿੱਚ ਬਿੱਛ ਜਾਂਦੀ ਹੈ ਤੇ ਉਸਦੀ ਗੁਣਵੱਤਾ ‘ਤੇ ਵੀ ਅਸਰ ਪੈਂਦਾ ਹੈ। ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਪਟਿਆਲਾ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਅਤੇ ਸੰਗਰੂਰ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।