ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧।(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ।ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।