ਪੰਜਾਬ ਵਿਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਚੁੱਕਾ ਹੈ। ਭਿਆਨਕ ਗਰਮੀ ਤੋਂ ਬਾਅਦ ਹੋਈ ਬਰਸਾਤ ਨੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਹੈ। ਇਕ ਪਾਸੇ ਜਿੱਥੇ ਸੂਬੇ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਹੋਈ ਬਰਸਾਤ ਨੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। 2 ਮਈ ਨੂੰ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਔਸਤਨ 5.5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਕਿ ਆਮ ਨਾਲੋਂ 8.3 ਡਿਗਰੀ ਸੈਲਸੀਅਸ ਘੱਟ ਸੀ। ਇਸ ਗਿਰਾਵਟ ਕਾਰਨ, ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 34 ਡਿਗਰੀ ਤੋਂ ਹੇਠਾਂ ਆ ਗਿਆ, ਜੋ ਕਿ ਪਹਿਲਾਂ 40 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਸੀ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲੀ ਹੈ।
ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੌਸਮ ਦੀ ਸਥਿਤੀ ਬਾਰੇ 7 ਤਾਰੀਖ਼ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਦਿਨਾਂ ਵਿਚ ਸੂਬੇ ਵਿਚ ਤੇਜ਼ ਹਵਾਵਾਂ ਜੋਕਿ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। ਇਸ ਦੇ ਨਾਲ ਹੀ ਬਿਜਲੀ ਚਮਕਣ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਤੇਜ਼-ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪਿਛਲੇ ਕੁਝ ਦਿਨਾਂ ਵਿਚ ਪੱਛਮੀ ਚੱਕਰਵਾਤ ਕਾਰਨ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਕੁਝ ਜਗ੍ਹਾ ਬਾਰਿਸ਼ ਵੀ ਵੇਖਣ ਨੂੰ ਮਿਲੀ ਹੈ। ਉਥੇ ਹੀ ਕਿਸਾਨਾਂ ਨੂੰ ਖ਼ਾਸ ਤੌਰ ਤੇ ਅਪੀਲ ਵੀ ਕੀਤੀ ਗਈ ਹੈ ਕਿ ਕਿਸਾਨ ਆਪਣੀ ਫ਼ਸਲ ਨੂੰ ਵੱਢਣ ਦੇ ਨਾਲ-ਨਾਲ ਸਾਂਭ-ਸੰਭਾਲਣ ਲਈ ਵੀ ਪ੍ਰਬੰਧ ਕਰਕੇ ਰੱਖਣ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ।