ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ………
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ। ਹੇ ਮੇਰੇ ਮਨ! ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ ॥੧॥ ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ਰਹਾਉ॥
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੬॥੧੨॥