ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।
ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।
ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ।
ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧।
ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।