ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਸੈਂਜ ਘਾਟੀ ਵਿੱਚ ਅੱਜ ਅਚਾਨਕ ਬੱਦਲ ਫਟਣ ਨਾਲ ਤਬਾਹੀ ਮਚ ਗਈ। ਬੱਦਲ ਫਟਣ ਦੀ ਇਹ ਘਟਨਾ ਸੈਂਜ ਘਾਟੀ ਦੇ ਉੱਚੇ ਇਲਾਕਿਆਂ ਵਿੱਚ ਵਾਪਰੀ, ਜਿਸ ਕਾਰਨ ਜੀਵਾ ਨਾਲਾ ਵਿੱਚ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ ਅਤੇ ਇਹ ਓਵਰਫਲੋਅ ਹੋਣ ਲੱਗ ਪਿਆ। ਚਸ਼ਮਦੀਦਾਂ ਦੇ ਅਨੁਸਾਰ ਬੱਦਲ ਫਟਣ ਤੋਂ ਕੁਝ ਮਿੰਟਾਂ ਬਾਅਦ ਨਾਲੇ ਵਿੱਚ ਪਾਣੀ ਦਾ ਵਹਾਅ ਇੰਨਾ ਤੇਜ਼ ਹੋ ਗਿਆ ਕਿ ਇਹ ਕੰਢਿਆਂ ‘ਤੇ ਮੌਜੂਦ ਹਰ ਚੀਜ਼ ਨੂੰ ਇਹ ਆਪਣੇ ਨਾਲ ਰੋੜ੍ਹ ਕੇ ਲੈ ਗਿਆ।
ਹਾਲਾਂਕਿ ਇਸ ਘਟਨਾ ਦੌਰਾਨ ਹੁਣ ਤੱਕ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਨਾਲੇ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਸੈਂਜ ਘਾਟੀ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ, ਕਿਉਂਕਿ ਨਾਲੇ ਦਾ ਪਾਣੀ ਕਿਸੇ ਵੀ ਸਮੇਂ ਰਿਹਾਇਸ਼ੀ ਇਲਾਕਿਆਂ ਵਿੱਚ ਪਹੁੰਚ ਸਕਦਾ ਹੈ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਟੀਮ ਨੂੰ ਅਲਰਟ ‘ਤੇ ਰੱਖਿਆ ਹੈ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਦੱਸ ਦੇਈਏ ਕਿ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਆਇਆ ਹੋਇਆ ਹੈ ਅਤੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖ਼ਰਾਬ ਮੌਸਮ ਵਿੱਚ ਪਹਾੜੀ ਇਲਾਕਿਆਂ ਵਿੱਚ ਯਾਤਰਾ ਕਰਨ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ।