ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ’ਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ।
ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ‘ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਮੁੱਚੀ ਦੁਨੀਆ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਮਾਜਵਾਦ ਅਤੇ ਧਰਮਨਿਰਪੱਖਤਾ ਦੇ ਵਿਲੱਖਣ ਸੁਮੇਲ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਠੋਸ ਸੂਬਾਈ ਕਾਨੂੰਨ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਅਪਰਾਧੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਮੌਜੂਦਾ ਕਾਨੂੰਨੀ ਤਰੁੱਟੀਆਂ ’ਤੇ ਚਿੰਤਾ ਪ੍ਰਗਟ ਕੀਤੀ, ਜੋ ਅਜਿਹੇ ਨਾ-ਮੁਆਫ਼ੀਯੋਗ ਅਪਰਾਧਾਂ ਦੇ ਦੋਸ਼ੀਆਂ ਨੂੰ ਆਜ਼ਾਦ ਘੁੰਮਣ ਦੀ ਆਗਿਆ ਦਿੰਦੀਆਂ ਹਨ। ਉਨ੍ਹਾਂ ਇਸ ਨੂੰ ਪੂਰੀ ਤਰ੍ਹਾਂ ਗੈਰ-ਵਾਜਿਬ ਦੱਸਿਆ।
ਹਰ ਇਕ ਲਈ ਨਿਆਂ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਵਿਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਹੈ ਕਿ ਅਜਿਹੇ ਅਪਰਾਧਾਂ ਵਿਚ ਸ਼ਾਮਲ ਵਿਅਕਤੀਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਜਵਾਬਦੇਹ ਠਹਿਰਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦਾ ਖਰੜਾ ਤਿਆਰ ਕਰਨ ਲਈ ਧਾਰਮਿਕ ਸੰਗਠਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰੇਗੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਕਾਨੂੰਨ ਵਿਚ ਸ਼ਾਮਲ ਕੀਤਾ ਜਾਵੇਗਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.