ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ।
ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ।
ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।
ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।