ਤਰਨਤਾਰਨ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ 27 ਜੂਨ ਨੂੰ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸੀਟ ਨੂੰ ਖਾਲੀ ਐਲਾਨ ਦਿੱਤਾ ਗਿਆ ਹੈ ਜਿੱਥੇ ਹੁਣ ਜ਼ਿਮਨੀ ਚੋਣਾਂ ਹਨ। ਇਸ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਧੜੇ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇੱਥੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਵੀ ਚੋਣ ਲੜਨ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਜਿਸ ਉੱਤੇ ਹੁਣ ਉਨ੍ਹਾਂ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।
ਇਸ ਨੂੰ ਲੈ ਕੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ, ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਅਹਿਮ ਇਕੱਤਰਤਾ ਤੋਂ ਬਾਅਦ ਖਾਲੜਾ ਮਿਸ਼ਨ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਆ ਰਹੀ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੀ ਨਹੀਂ ਸਗੋਂ ਕੋਈ ਵੀ ਚੋਣ ਨਹੀਂ ਲੜਨਗੇ।ਜਥੇਬੰਦੀ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਪਾਰਲੀਮੈਂਟ ਹਲਕੇ ਦੀ ਚੋਣ ਦੁਸ਼ਟਾਂ ਪਾਪੀਆਂ ਨੂੰ ਨੰਗਿਆਂ ਕਰਨ ਲਈ ਲੜੀ ਸੀ, ਪੰਜਾਬ ਦੇ ਭਲੇ ਲਈ ਲੜੀ ਸੀ, ਜਿਸ ਵਿੱਚ ਸਿੱਖ ਪੰਥ ਨੇ ਲਾਮਿਸਾਲ ਸਹਿਯੋਗ ਦਿੱਤਾ।
ਉਨ੍ਹਾਂ ਕਿਹਾ ਕਿ ਚੋਣਾਂ ਲੜਨਾ ਪੇਸ਼ਾ ਨਹੀਂ ਹੈ ਸਿਰਫ ਵਿਸ਼ੇਸ਼ ਹਾਲਤ ਵਿੱਚ ਚੋਣ ਲੜਨ ਦਾ ਫੈਸਲਾ ਲਿਆ ਸੀ। ਜਥੇਬੰਦੀ ਨੇ ਅੱਗੇ ਕਿਹਾ ਕਿ ਉਹ ਸਮੁੱਚੇ ਪੰਥ ਤੇ ਪੰਜਾਬ ਦਾ ਅੱਜ ਤੱਕ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ ਤੇ ਜ਼ਬਰ ਤੇ ਜ਼ੁਲਮ ਖਿਲਾਫ ਆਪਣਾ ਨਿਮਾਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਖ਼ੀਰ ਵਿੱਚ ਲਿਖਿਆ, ਬੀਬੀ ਪਰਮਜੀਤ ਕੌਰ ਖਾਲੜਾ ਨਹੀਂ ਲੜਨਗੇ ਕੋਈ ਵੀ ਚੋਣ- ਪੰਜਾਬ ਦਾ ਭਲਾ ਚਾਹੁਣ ਵਾਲੇ ਸਾਰਿਆਂ ਦਾ ਧੰਨਵਾਦ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ ਚੋਣ ਲੜਨ ਦਾ ਐਲਾਨ ਓਧਰ ਦੂਜੇ ਪਾਸੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ-ਵਾਰਿਸ ਪੰਜਾਬ ਦੇ ਨੇ ਤਰਨ ਤਾਰਨ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਸ ਬਾਰੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਇਹ ਸੀਟ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਅਧੀਨ ਆਉਂਦੀ ਹੈ, ਜਿੱਥੋਂ ਅੰਮ੍ਰਿਤਪਾਲ ਸਿੰਘ ਖੁਦ ਸੰਸਦ ਮੈਂਬਰ ਹਨ। ਇਸ ਲਈ ਅਸੀਂ ਚੋਣ ਲੜਾਂਗੇ। ਪਾਰਟੀ ਜਲਦੀ ਹੀ ਉਮੀਦਵਾਰ ਦਾ ਐਲਾਨ ਕਰੇਗੀ। ਸੱਤਾਧਿਰ ਧਿਰ ‘ਆਪ’ ਲਈ ਚੁਣੌਤੀ ਇਸ ਲਈ ਹੈ ਕਿਉਂਕਿ ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਤਰਨ ਤਾਰਨ ਵਿਧਾਨ ਸਭਾ ਸੀਟ ਤੋਂ 40% ਵੋਟਾਂ ਮਿਲੀਆਂ ਸਨ। ਸੂਬਾ ਸਰਕਾਰ ਵਿੱਚ ਮੰਤਰੀ ਹੋਣ ਦੇ ਬਾਵਜੂਦ ਇੱਥੋਂ ‘ਆਪ’ ਉਮੀਦਵਾਰ ਲਾਲਜੀਤ ਭੁੱਲਰ ਤੀਜੇ ਸਥਾਨ ‘ਤੇ ਰਹੇ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ ਆਜ਼ਾਦ ਤੌਰ ‘ਤੇ ਲੋਕ ਸਭਾ ਚੋਣ ਲੜੀ ਸੀ। ਉਸ ਵੇਲੇ ਨਾ ਕੋਈ ਉਨ੍ਹਾਂ ਦੀ ਪਾਰਟੀ ਸੀ ਤੇ ਨਾ ਹੀ ਕੋਈ ਕੇਡਰ। ਜੇਲ੍ਹ ਵਿੱਚ ਹੋਣ ਕਰਕੇ ਅੰਮ੍ਰਿਤਪਾਲ ਸਿੰਘ ਨੇ ਖੁਦ ਪ੍ਰਚਾਰ ਵੀ ਨਹੀਂ ਕੀਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ 1.79 ਲੱਖ ਵੋਟਾਂ ਨਾਲ ਚੋਣ ਜਿੱਤੀ। ਇਹ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਜਿੱਤ ਦਾ ਸਭ ਤੋਂ ਵੱਡਾ ਫਰਕ ਸੀ।