ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਵਧਣ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਤਿੰਨੋਂ ਦਰਿਆ ਰਾਵੀ, ਸਤਲੁਜ ਅਤੇ ਬਿਆਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਚੱਕੀ ਰੇਲਵੇ ਪੁਲ ਨੂੰ ਨੁਕਸਾਨ ਪਹੁੰਚਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਰੇਲ ਗੱਡੀਆਂ ਨੂੰ ਡਾਇਵਰਟ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ। ਇਸ ਨਾਲ 90 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਕੁਝ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਤੋਂ ਭੇਜੀਆਂ ਜਾ ਰਹੀਆਂ ਹਨ।ਉਥੇ ਹੀ ਦੂਜੇ ਪਾਸੇ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲ ਅੱਜ ਬੰਦ ਕਰ ਦਿੱਤੇ ਗਏ ਹਨ। ਫਾਜ਼ਿਲਕਾ ਦੇ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਹੁਸ਼ਿਆਰਪੁਰ ਵਿਚ ਵੀ ਦੋ ਦਿਨਾਂ ਲਈ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਰਣਜੀਤ ਸਾਗਰ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ, ਜਿਸ ਕਾਰਨ ਪਠਾਨਕੋਟ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਗੁਰਦਾਸਪੁਰ ਵਿੱਚ ਮਕੋੜਾ ਪੱਤਣ ਦੇ 7 ਪਿੰਡਾਂ ਦਾ ਜ਼ਿਲ੍ਹਾ ਹੈੱਡਕੁਆਰਟਰ ਨਾਲ ਸੰਪਰਕ ਟੁੱਟ ਗਿਆ ਹੈ। ਪ੍ਰਸ਼ਾਸਨ ਨੇ ਗੁਰਦਾਸਪੁਰ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵੀ ਵੱਧ ਰਿਹਾ ਹੈ।
ਇਸ ਦੇ ਨਾਲ ਹੀ ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਵੇਖਿਆ ਜਾ ਰਿਹਾ ਹੈ। ਇਸ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵੀ ਵੱਧ ਰਿਹਾ ਹੈ। ਹਰੀਕੇ ਹੈੱਡ ਵਰਕਸ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਖੇਤਰਾਂ ਵਿੱਚ ਵੇਖਿਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੋਈ ਹੈ।