ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ‘ਚ ਮੀਂਹ ਸਬੰਧੀ ਨਵੀਂ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿਚ ਅੱਜ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਮੌਸਮ ਵਿਗਿਆਨ ਕੇਂਦਰ ਵੱਲੋਂ 1 ਸਤੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਦੀ ਤਾਜ਼ਾ ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲਣ ਦੀ ਸੰਭਾਵਨਾ ਹੈ। ਪੰਜਾਬ ਵਿਚ 48 ਘੰਟੇ ਖ਼ਤਰਨਾਕ ਦੱਸੇ ਜਾ ਰਹੇ ਹਨ, ਜਿਸ ਕਰਕੇ ਭਾਰੀ ਮੀਂਹ ਦਰਮਿਆਨ ਪੰਜਾਬ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇਸੇ ਤਰ੍ਹਾਂ 31 ਅਗਸਤ ਅਤੇ 1 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ।
ਉਥੇ ਹੀ 2 ਸਤੰਬਰ ਨੂੰ ਲੈ ਕੇ ਫਿਲਹਾਲ ਭਾਰੀ ਬਾਰਿਸ਼ ਸਬੰਧੀ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਅੱਜ ਅਤੇ ਅਗਲੇ ਤਿੰਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬਾਰਿਸ਼ ਦਾ ਅਸਰ ਡੈਮਾਂ ਦੇ ਪਾਣੀ ਦੇ ਪੱਧਰ ‘ਤੇ ਵੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਜੇਕਰ ਡੈਮਾਂ ਤੋਂ ਅੱਗੇ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਪੰਜਾਬ ਦੇ ਦਰਿਆਵਾਂ ਅਤੇ ਨਹਿਰਾਂ ‘ਚ ਵੀ ਇਸ ਦਾ ਅਸਰ ਵਿਖਾਈ ਦੇ ਸਕਦਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਦਕਿ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਵੀ ਰਹੀ, ਜਿਸ ਕਾਰਨ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਆਈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਹੈ। ਇਥੇ ਇਹ ਦੱਸ ਦੇਈਏ ਕਿ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋਣ ਤੋਂ ਬਾਅਦ ਹੁਣ ਪਟਿਆਲਾ ਵਿੱਚ ਵੀ ਹੜ੍ਹ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਚੰਡੀਗੜ੍ਹ ਦੀ ਸੁਖਨਾ ਝੀਲ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਪੰਜਾਬ-ਹਰਿਆਣਾ ਸਰਹੱਦ ਦੇ ਪਿੰਡਾਂ ਤੱਕ ਪਹੁੰਚਿਆ। ਘੱਗਰ ਨਦੀ ਦੇ ਓਵਰਫਲੋਅ ਕਾਰਨ, ਪਟਿਆਲਾ ਦੇ ਕੁਝ ਪਿੰਡਾਂ ਦੇ ਖੇਤ ਪਾਣੀ ਵਿੱਚ ਡੁੱਬ ਗਏ ਹਨ।