ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।
(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।