ਹੇ ਮਾਧੋ! ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ।੧।(ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ) ;
ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ।੧।ਰਹਾਉ।ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ। ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ। ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ।੨।੫।
ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।
ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।